ਪਟਿਆਲਾ, 21 ਮਈ
ਕ੍ਰਿਕਟ ਦੇ ਮੈਦਾਨ ਤੋਂ ਸਿਆਸਤ ਦੇ ਪਿੜ ਵਿੱਚ ਨਿੱਤਰੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਸੁਪਰੀਮ ਕੋਰਟ ਵਿੱਚ ਕੀਤੀ ਕਾਨੂੰਨੀ ਚਾਰਾਜੋਈ ਮਗਰੋਂ ਅੱਜ ਸ਼ਾਮੀਂ ਇਥੇ ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀਜੀਐੱਮ) ਦੀ ਅਦਾਲਤ ’ਚ ਆਤਮ-ਸਮਰਪਣ ਕਰ ਦਿੱਤਾ ਜਿਥੋਂ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਸਿੱਧੂ ਨੂੰ 34 ਸਾਲ ਪੁਰਾਣੇ ਰੋਡ-ਰੇਜ ਕੇਸ ਵਿੱਚ ਲੰਘੇ ਦਿਨ ਇਕ ਸਾਲ ਕੈਦ ਬਾਮੁਸ਼ੱਕਤ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਅੱਜ ਆਪਣੇ ਵਕੀਲ ਰਾਹੀਂ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਨਾਸਾਜ਼ ਸਿਹਤ ਦੇ ਹਵਾਲੇ ਨਾਲ ਮੈਡੀਕਲ ਆਧਾਰ ’ਤੇ ਆਤਮ-ਸਮਰਪਣ ਲਈ ਹਫ਼ਤੇ ਦੀ ਮੋਹਲਤ ਮੰਗੀ ਸੀ। ਇਸ ਦੌਰਾਨ ਸਿੱਧੂ ਵੱਲੋਂ ਸਜ਼ਾ ਦੇ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ’ਚ ਕਿਊਰੇਟਿਵ ਪਟੀਸ਼ਨ ਦਾਖ਼ਲ ਕਰਨ ਦੇ ਵੀ ਚਰਚੇ ਹਨ।