ਚੰਡੀਗੜ੍ਹ, 11 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਫੜਨ ਲਈ ਅੱਜ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਨ੍ਹਾਂ ਗੈਂਗਸਟਰਾਂ ਵੱਲੋਂ ਕੈਨੇਡਾ ਤੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਉਂਦਿਆਂ ਪੰਜਾਬ ਅਤੇ ਕੈਨੇਡਾ ’ਚ ਗਰੋਹਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ’ਚ ਬੈਠੇ ਕੁੱਝ ਪੰਜਾਬੀ ਗੈਂਗਸਟਰ ਸੂਬੇ ’ਚ ਸ਼ਾਂਤੀ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਇਕ ਪਾਸੇ ਅਮਨ ਤੇ ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਹੇ ਹਨ ਅਤੇ ਦੂਜੇ ਪਾਸੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਲੀਹੋਂ ਉਤਾਰ ਰਹੇ ਹਨ।