ਅੰਮ੍ਰਿਤਸਰ, 14 ਮਾਰਚ
ਖਟਕੜ ਕਲਾਂ ਵਿਚ 16 ਮਾਰਚ ਨੂੰ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅੱਜ ਇੱਥੇ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੇਰਾ-ਫੇਰੀ ਕਰਨ ਵਾਲੇ ਕਿਸੇ ਵਿਅਕਤੀ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ 16 ਮਾਰਚ ਨੂੰ ਖਟਕੜ ਕਲਾਂ ਵਿਚ ਬਸੰਤੀ ਦਸਤਾਰਾਂ ਸਜਾ ਕੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ।