ਚੰਡੀਗੜ੍ਹ, 20 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੱਲ ਰਹੇ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਅੱਜ ਪੁਨਰਗਠਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਪੁਲੀਸ ਵਿਭਾਗ ਬਾਰੇ ਇਹ ਪਹਿਲਾ ਹੁਕਮ ਹੈ ਜਿਸ ਤਹਿਤ ਉਨ੍ਹਾਂ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲਣ ਤੋਂ ਇਲਾਵਾ ਨਵੇਂ ਮੈਂਬਰ ਵੀ ਸਿਟ ਵਿਚ ਸ਼ਾਮਲ ਕੀਤੇ ਹਨ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਹੁਣ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਜਦੋਂ ਕਿ ਪਹਿਲਾਂ ਇਸ ਦੀ ਕਮਾਨ ਏਆਈਜੀ ਬਲਰਾਜ ਸਿੰਘ ਕਰ ਰਹੇ ਸਨ। ਨਵੀਂ ਟੀਮ ਵਿਚ ਡੀਐੱਸਪੀ ਰੈਂਕ ਦੇ ਦੋ ਅਧਿਕਾਰੀਆਂ ਤੋਂ ਇਲਾਵਾ ਏਆਈਜੀ ਰਾਹੁਲ ਐੱਸ ਅਤੇ ਰਣਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।