ਚੰਡੀਗੜ੍ਹ, 3 ਮਈ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਗਤੀਵਿਧੀਆਂ ਕਾਂਗਰਸ ਨੂੰ ਹੁਣ ਰੜਕਣ ਲੱਗੀਆਂ ਹਨ। ਸੂਬੇ ਵਿੱਚ ਕਾਂਗਰਸ ਦੇ ਬਰਾਬਰ ਚਲਾਈਆਂ ਜਾ ਰਹੀਆਂ ਸਿਆਸੀ ਗਤੀਵਿਧੀਆਂ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਮਲਾ ਧਿਆਨ ’ਚ ਲਿਆਉਣ ’ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੈਦਾਨ ਵਿੱਚ ਨਿੱਤਰ ਆਏ ਹਨ। ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਸ੍ਰੀ ਸਿੱਧੂ ’ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਕਾਰਵਾਈ ਦਾ ਮੁੱਢ ਬੱਝ ਗਿਆ ਹੈ। ਸੁਨੀਲ ਜਾਖੜ ਤੋਂ ਬਾਅਦ ਸਿੱਧੂ ਅਜਿਹੇ ਕੱਦਾਵਾਰ ਆਗੂ ਹੋਣਗੇ ਜਿਨ੍ਹਾਂ ਦੇ ਖਿਲਾਫ਼ ਕਾਂਗਰਸ ਕਾਰਵਾਈ ਕਰਨ ਦਾ ਮਨ ਬਣਾਈ ਬੈਠੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਾਬਕਾ ਪ੍ਰਧਾਨ ਖ਼ਿਲਾਫ਼ ਜ਼ਾਬਤਾ ਕਾਰਵਾਈ ਲਈ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਹੈ।