ਮੁਹਾਲੀ ,24 ਫਰਵਰੀ
ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਭਲਕੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਹੈ। ਬੀਤੀ 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਵੱਡੀ ਰਾਹਤ ਦਿੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਸੀ। ਸਿਖਰਲੀ ਅਦਾਲਤ ਦੇ ਇਸ ਫੈਸਲੇ ਕਾਰਨ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਸਕੇ ਹਨ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਨਜ਼ਰਸਾਨੀ ਕਰਨ ਮਗਰੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਅੱਜ (ਬੁੱਧਵਾਰ ਰਾਤ 12 ਵਜੇ) ਤੱਕ ਲਈ ਰੋਕ ਲਗਾਈ ਸੀ।