ਇਸਲਾਮਾਬਾਦ, 11 ਅਪਰੈਲ
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖ਼ਾਨ ਨੂੰ ਸੱਤਾ ਤੋਂ ਬਾਹਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪਾਕਿਸਤਾਨ ਦੀ ਕੌਮੀ ਅਸੈਂਬਲੀ ਦਾ ਨਵਾਂ ਆਗੂ ਚੁਣਨ ਦਾ ਅਮਲ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਕੌਮੀ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਦੌਰਾਨ ਨਵੇਂ ਆਗੂ ਦੀ ਚੋਣ ਕੀਤੀ ਜਾਵੇਗੀ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐੱਮਐੱਲ-ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅੱਜ ਆਪਣੀ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਮੁਲਕ ਦੀ ਸਾਂਝੀ ਵਿਰੋਧੀ ਧਿਰ, ਜੋ ਸੋਸ਼ਲਿਸਟ, ਲਿਬਰਲ ਤੇ ਕੱਟੜਵਾਦੀ ਧਾਰਮਿਕ ਪਾਰਟੀਆਂ ਦਾ ਗੱਠਜੋੜ ਹੈ, ਨੇ 70 ਸਾਲਾ ਸ਼ਾਹਬਾਜ਼ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ ਜਦੋਂਕਿ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਉਨ੍ਹਾਂ ਦੇ ਮੁਕਾਬਲੇ ਵਿੱਚ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਮੈਦਾਨ ਵਿੱਚ ਉਤਾਰਿਆ ਹੈ।