ਚੰਡੀਗੜ੍ਹ, 16 ਮਈ
ਉੱਤਰ ਭਾਰਤ ਵਿੱਚ ਮਈ ਮਹੀਨੇ ਦੇ ਅੱਧ ਵਿੱਚ ਪੈ ਰਹੀ ਅਤਿ ਦੀ ਗਰਮੀ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ। ਲੋਕ ਹਾਲੋਂ ਬੇਹਾਲ ਹਨ। ਗਰਮੀ ਵਧਣ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਬਿਜਲੀ ਦੀ ਮੰਗ ਵਧਣ ਲੱਗੀ ਹੈ। ਮੰਗ ਪੂਰੀ ਨਾ ਹੋਣ ਕਰਕੇ ਬਿਜਲੀ ਦੇ ਕੱਟ ਲੱਗ ਰਹੇ ਹਨ। ਮੌਸਮ ਵਿਭਾਗ ਵੱਲੋਂ ਕੀਤੀ ਪੇਸ਼ੀਨਗੋਈ ਮੁਤਾਬਕ ਇਨ੍ਹਾਂ ਦੋਵਾਂ ਰਾਜਾਂ ਵਿੱਚ ਲੋਕਾਂ ਨੂੰ ਤਿੱਖੀ ਗਰਮੀ ਤੋਂ ਮੰਗਲਵਾਰ ਤੱਕ ਕੁਝ ਰਾਹਤ ਮਿਲ ਸਕਦੀ ਹੈ। ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ, ਹਾਲਾਂਕਿ 48 ਘੰਟਿਆਂ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ।