ਨਵੀਂ ਦਿੱਲੀ, 20 ਜੂਨ
‘ਅਗਨੀਪਥ’ ਯੋਜਨਾ ਖ਼ਿਲਾਫ਼ ਦੇਸ਼ ਭਰ ’ਚ ਚੱਲ ਰਹੇ ਰੋਸ ਮੁਜ਼ਾਹਰਿਆਂ ਵਿਚਾਲੇ ਭਾਰਤ ਦੀਆਂ ਤਿੰਨੋਂ ਸੈਨਾਵਾਂ ਨੇ ਇਹ ਯੋਜਨਾ ਵਾਪਸ ਲੈਣ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਤਿੰਨਾਂ ਸੈਨਾਵਾਂ ਨੇ ਇਸ ਯੋਜਨਾ ਤਹਿਤ ਭਰਤੀ ਲਈ ਵਿਸਥਾਰਤ ਸ਼ਡਿਊਲ ਪੇਸ਼ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਥਿਆਰਬੰਦ ਦਸਤਿਆਂ ਦੇ ਉਮਰ ਸਬੰਧੀ ਪ੍ਰੋਫਾਈਲ ਨੂੰ ਘਟਾਉਣ ਲਈ ਇਹ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਖ਼ਿਲਾਫ਼ ਮੁਜ਼ਾਹਰਿਆਂ ਦੌਰਾਨ ਹਿੰਸਾ ਤੇ ਅੱਗਜ਼ਨੀ ’ਚ ਸ਼ਾਮਲ ਨੌਜਵਾਨ ਫੌਜ ’ਚ ਭਰਤੀ ਨਹੀਂ ਕੀਤੇ ਜਾਣਗੇ।