ਚੰਡੀਗੜ੍ਹ/ਐਸ.ਏ.ਐਸ. ਨਗਰ (ਮੁਹਾਲੀ), 14 ਮਈ
ਪੰਜਾਬ ਪੁਲੀਸ ਨੇ ਇੰਟੈਲੀਜੈਂਸ ਵਿੰਗ ਦੀ ਇਮਾਰਤ ’ਤੇ ਹੋਏ ਰਾਕੇਟ ਲਾਂਚਰ ਹਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਸੂਬੇ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਨੇ ਅੱਜ ਇੱਥੇ 9 ਮਈ ਨੂੰ ਵਾਪਰੀ ਇਸ ਵੱਡੀ ਘਟਨਾ ਨੂੰ ਪੁਲੀਸ ਲਈ ਵੱਡੀ ਚੁਣੌਤੀ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦਹਿਸ਼ਤਗਰਦਾਂ ਅਤੇ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਦੇ ਗੱਠਜੋੜ ਨੇ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਨੋਇਡਾ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਜਦਕਿ ਰਾਕੇਟ ਲਾਂਚਰ ਨਾਲ ਇੰਟੈਲੀਜੈਂਸ ਵਿੰਗ ਦੀ ਇਮਾਰਤ ’ਤੇ ਗ੍ਰਨੇਡ ਦਾਗਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ।