ਚੰਡੀਗੜ੍ਹ, 15 ਮਾਰਚ
ਭਗਵੰਤ ਸਿੰਘ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਹਿਲੇ ਮੁੱਖ ਮੰਤਰੀ ਵਜੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਬੁੱਧਵਾਰ ਨੂੰ ਦੁਪਹਿਰੇ ਹਲਫ਼ ਲੈਣਗੇ। ਸਮਾਗਮ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 10 ਦੇ ਕਰੀਬ ਆਗੂ ਪਹੁੰਚਣਗੇ। ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਸੂਬੇ ਦੇ ਹਰ ਖਾਸ ਅਤੇ ਆਮ ਵਿਅਕਤੀ ਨੂੰ ਹਲਫ਼ਦਾਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਫ਼ਦਾਰੀ ਸਮਾਗਮ ਲਈ ਸਾਬਕਾ ਮੁੱਖ ਮੰਤਰੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ ਜਦੋਂ ਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਜ਼ਰੂਰ ਸਮਾਗਮ ਵਿੱਚ ਸ਼ਾਮਲ ਹੋਣਗੀਆਂ।