ਨਵੀਂ ਦਿੱਲੀ, 2 ਅਪਰੈਲ
ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅੱਜ ਕਿਹਾ ਕਿ ਰੂਸ ਨੇ ਭਾਰਤ ਅਤੇ ਹੋਰ ਭਾਈਵਾਲਾਂ ਨਾਲ ਕੌਮੀ ਕਰੰਸੀਆਂ ’ਚ ਵਪਾਰ ਕਰਨ ਦੀਆਂ ਕੋਸ਼ਿਸ਼ਾਂ ਆਰੰਭ ਦਿੱਤੀਆਂ ਹਨ ਤਾਂ ਜੋ ਪੱਛਮ ਦੀਆਂ ਪਾਬੰਦੀਆਂ ਦੇ ਅਸਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੁਵੱਲੇ ਰਣਨੀਤਕ ਸਬੰਧਾਂ ਦੀ ਰਫ਼ਤਾਰ ਜਾਰੀ ਰੱਖਣ ਦਾ ਅਹਿਦ ਵੀ ਲਿਆ। ਲਾਵਰੋਵ ਨੇ ਇਹ ਬਿਆਨ ਆਪਣੇ ਭਾਰਤੀ ਹਮਰੁਤਬਾ ਐੱਸ ਜੈਸ਼ੰਕਰ ਨਾਲ ਅੱਜ ਇਥੇ ਵੱਖ ਵੱਖ ਮੁੱਦਿਆਂ ’ਤੇ ਹੋਈ ਗੱਲਬਾਤ ਮਗਰੋਂ ਦਿੱਤਾ। ਮੀਟਿੰਗ ਦੌਰਾਨ ਰੂਸ-ਯੂਕਰੇਨ ਜੰਗ ਅਤੇ ਉਸ ਦੇ ਮਾਸਕੋ ਤੇ ਨਵੀਂ ਦਿੱਲੀ ਵਿਚਕਾਰ ਰਿਸ਼ਤਿਆਂ ’ਤੇ ਪੈਣ ਵਾਲੇ ਅਸਰ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਗੱਲਬਾਤ ਉਸ ਸਮੇਂ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਰੂਸ ਖ਼ਿਲਾਫ਼ ਲਾਈਆਂ ਗਈਆਂ ਪਾਬੰਦੀਆਂ ਨੂੰ ਅਣਗੌਲਿਆ ਕਰਨ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਦੋਂ ਲਾਵਰੋਵ ਤੋਂ ਪੁੱਛਿਆ ਗਿਆ ਕਿ ਕੀ ਭਾਰਤ, ਰੂਸ ਅਤੇ ਯੂਕਰੇਨ ਵਿਚਕਾਰ ਜੰਗ ਖ਼ਤਮ ਕਰਾਉਣ ’ਚ ਸਹਾਇਤਾ ਕਰ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਜੇਕਰ ਭਾਰਤ ਕੌਮਾਂਤਰੀ ਸਮੱਸਿਆਵਾਂ ਪ੍ਰਤੀ ਆਪਣੀ ‘ਢੁੱਕਵੀਂ ਅਤੇ ਤਰਕਸੰਗਤ ਪਹੁੰਚ’ ਨਾਲ ਹਮਾਇਤ ਕਰਨਾ ਚਾਹੁੰਦਾ ਹੈ ਤਾਂ ਕੋਈ ਵੀ ਇਸ ਖ਼ਿਲਾਫ਼ ਨਹੀਂ ਹੋਵੇਗਾ।