ਐਸ.ਏ.ਐਸ. ਨਗਰ (ਮੁਹਾਲੀ)/ਖਰੜ, 16 ਜੂਨ
ਕਾਂਗਰਸ ਆਗੂ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪ੍ਰੋਡਕਸ਼ਨ ਵਰੰਟ ’ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੁੱਛ-ਪੜਤਾਲ ਲਈ ਸਵੇਰੇ ਕਰੀਬ ਸਵਾ ਕੁ 8 ਵਜੇ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਖਰੜ ਲਿਆਂਦਾ ਗਿਆ। ਉੱਥੇ ਸੀਨੀਅਰ ਪੁਲੀਸ ਅਫ਼ਸਰਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਸ ਤੋਂ ਵਾਰੋ-ਵਾਰੀ ਸਿੱਧੂ ਮੂਸੇਵਾਲਾ ਅਤੇ ਵਿੱਕੀ ਮਿੱਡੂਖੇੜਾ ਹੱਤਿਆ ਕਾਂਡ ਸਮੇਤ ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਰਾਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) ਹਮਲੇ ਬਾਰੇ ਪੁੱਛ-ਪੜਤਾਲ ਕੀਤੀ ਗਈ। ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਰੰਟ ’ਤੇ ਟਰਾਂਜ਼ਿਟ ਰਿਮਾਂਡ ਮਿਲਣ ਮਗਰੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਲਿਆਂਦਾ ਗਿਆ ਸੀ। ਪੁਲੀਸ ਉਸ ਨੂੰ ਲੈ ਕੇ ਅੱਜ ਸਵੇਰੇ ਕਰੀਬ ਚਾਰ ਵਜੇ ਮਾਨਸਾ ਪਹੁੰਚੀ ਸੀ। ਉੱਥੇ ਉਸ ਨੂੰ ਸੁਵੱਖਤੇ ਹੀ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।