ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਐਤਵਾਰ ਨੂੰ ਮੁੰਬਈ ਵਿੱਚ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਹਿਰਾਸਤ ਵਿੱਚ ਲੈ ਲਿਆ।
ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਮੁੰਬਈ ‘ਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਦੇ ਘਰ ‘ਤੇ ਛਾਪਾ ਮਾਰਿਆ ਸੀ। ਇਸ ਤੋਂ ਪਹਿਲਾਂ ਈਡੀ ਨੇ ਰਾਉਤ ਖ਼ਿਲਾਫ਼ ਕਈ ਸੰਮਨ ਜਾਰੀ ਕੀਤੇ ਸਨ, ਉਨ੍ਹਾਂ ਨੂੰ 27 ਜੁਲਾਈ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਸੀ।
ਰਾਊਤ ਨੂੰ ਈਡੀ ਨੇ ਮੁੰਬਈ ਵਿੱਚ ਇੱਕ ‘ਚਾਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ ‘ਸਾਥੀਆਂ’ ਨਾਲ ਜੁੜੇ ਲੈਣ-ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਤਲਬ ਕੀਤਾ ਸੀ।
ਈਡੀ ਦੇ ਅਧਿਕਾਰੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੇ ਨਾਲ ਸਵੇਰੇ 7 ਵਜੇ ਰਾਊਤ ਦੇ ਘਰ ਪਹੁੰਚੇ ਅਤੇ ਤਲਾਸ਼ੀ ਸ਼ੁਰੂ ਕੀਤੀ। ਦੂਜੇ ਪਾਸੇ ਰਾਊਤ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਈਡੀ ਦੀ ਕਾਰਵਾਈ ਤੋਂ ਤੁਰੰਤ ਬਾਅਦ ਟਵੀਟ ਕੀਤਾ, ‘ਮੈਂ ਮਰਹੂਮ ਬਾਲਾ ਸਾਹਿਬ ਠਾਕਰੇ ਦੀ ਸਹੁੰ ਖਾਂਦਾ ਹਾਂ ਕਿ ਮੇਰਾ ਕਿਸੇ ਘਪਲੇ ਨਾਲ ਕੋਈ ਸਬੰਧ ਨਹੀਂ ਹੈ। ਮੈਂ ਮਰ ਜਾਵਾਂਗਾ ਪਰ ਸ਼ਿਵ ਸੈਨਾ ਨਹੀਂ ਛੱਡਾਂਗਾ।’
ਈਡੀ ਦੀ ਛਾਪੇਮਾਰੀ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਵ ਸੈਨਾ ਸਮਰਥਕ ਰਾਉਤ ਦੇ ਘਰ ਦੇ ਬਾਹਰ ਇਕੱਠੇ ਹੋਏ ਅਤੇ ਏਜੰਸੀ ਦੀ ਕਾਰਵਾਈ ਦਾ ਵਿਰੋਧ ਕੀਤਾ। ਸਮਰਥਕਾਂ ਨੇ ਹੱਥਾਂ ਵਿੱਚ ਭਗਵੇਂ ਰੰਗ ਦੇ ਝੰਡੇ ਅਤੇ ਬੈਨਰ ਲੈ ਕੇ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।