ਨਵੀਂ ਦਿੱਲੀ, 26 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ’ਚ ‘ਦਿੱਲੀ ਮਾਡਲ’ ਅਪਣਾਉਣ ਲਈ ਤਿਆਰ ਹੈ ਜਿੱਥੇ ਕਮਜ਼ੋਰ ਆਰਥਿਕ ਪਿਛੋਕੜ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਮਿਆਰੀ ਸਿੱਖਿਆ ਹਾਸਲ ਕਰਨ ਦਾ ਬਰਾਬਰ ਦਾ ਅਧਿਕਾਰ ਹੋਵੇਗਾ। ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਥੋਂ ਦੇ ਵਿਦਿਅਕ ਅਦਾਰਿਆਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ‘ਦਿੱਲੀ ਮਾਡਲ’ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਆਗੂ ਰਾਘਵ ਚੱਢਾ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਾਲਕਾਜੀ ਵਿਖੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ ਦਾ ਦੌਰਾ ਕੀਤਾ।