ਨਵੀਂ ਦਿੱਲੀ, 14 ਮਈ
ਸੁਪਰੀਮ ਕੋਰਟ ਨੇ ਵਾਰਾਨਸੀ ਸਥਿਤ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਦੇ ਸਰਵੇਖਣ ’ਤੇ ਫੌਰੀ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਂਜ ਸਿਖਰਲੀ ਅਦਾਲਤ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪਾਈ ਗਈ ਅਰਜ਼ੀ ਸੂਚੀਬੱਧ ਕਰਨ ਲਈ ਰਾਜ਼ੀ ਹੋ ਗਈ ਹੈ। ਅੰਜੁਮਨ-ਏ-ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਵੱਲੋਂ ਸੀਨੀਅਰ ਵਕੀਲ ਹੁਜ਼ੇਫਾ ਅਹਿਮਦੀ ਰਾਹੀਂ ਅਰਜ਼ੀ ਦਾਖ਼ਲ ਕੀਤੀ ਗਈ ਹੈ ਜਿਸ ’ਚ ਮੰਗ ਕੀਤੀ ਗਈ ਹੈ ਕਿ ਕਾਸ਼ੀ ਵਿਸ਼ਵਨਾਥ ਮੰਦਰ-ਗਿਆਨਵਾਪੀ ਮਸਜਿਦ ਕੰਪਲੈਕਸ ਦੇ ਸਰਵੇਖਣ ’ਤੇ ਰੋਕ ਲਾਈ ਜਾਵੇ। ਅਰਜ਼ੀ ’ਚ ਅਲਾਹਾਬਾਦ ਹਾਈ ਕੋਰਟ ਦੇ 21 ਅਪਰੈਲ ਨੂੰ ਸੁਣਾਏ ਗਏ ਹੁਕਮਾਂ ਦੀ ਪ੍ਰਮਾਣਕਤਾ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ਨੇ ਸਿਵਲ ਅਦਾਲਤ ਦੇ ਸਰਵੇਖਣ ਬਾਰੇ ਹੁਕਮਾਂ ਖ਼ਿਲਾਫ਼ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।