ਪੰਜਾਬ ਵਿਚ BJP ਨੂੰ ਮਿਲੀ ਹਾਰ ਉੱਤੇ ਖੇਤੀ ਮੰਤਰੀ ਨਰੇਂਦਰ ਤੋਮਰ ਦਾ ਵੱਡਾ ਬਿਆਨ, ਦੱਸਿਆ ਕਿਸ ਕਾਰਨ ਹੋਇਆ ਪਾਰਟੀ ਨੂੰ ਨੁਕਸਾਨ

ਚੰਡੀਗੜ੍ਹ : ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੂੰ ਪੰਜਾਬ ਦੀਆਂ ਸਥਾਨਕ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੋਣਾਂ ਵਿਚ ਹਾਰਨ ਉੱਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਕਿਸਾਨ ਅੰਦੋਲਨ ਨਾਲ਼ ਜੋੜਨ ਨੂੰ ਗਲਤ ਦੱਸਿਆ ਹੈ ਅਤੇ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਟੁੱਟਣ ਮਗਰੋਂ ਪਾਰਟੀ ਪਹਿਲੀ ਵਾਰ ਇੱਕਲੀ ਚੋਣਾਂ ਲੜ ਰਹੀ ਸੀ ਜਿਸ ਕਰਕੇ ਹੀ ਇਹ ਹਾਰ ਮਿਲੀ ਹੈ।

ਬੀਤੇ ਦਿਨ ਅਸਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ”ਸਥਾਨਕ ਚੋਣਾਂ ਦੇ ਨਤੀਜਿਆਂ ਨੂੰ ਕਿਸਾਨਾਂ ਦੇ ਅੰਦੋਲਨ ਨਾਲ ਜੋੜਨਾ ਗੈਰ-ਵਾਜ਼ਬ ਹੈ। ਅਸੀਂ ਪੰਜਾਬ ਵਿਚ ਕਮਜ਼ੋਰ ਸੀ ਅਤੇ ਇਸ ਤੋਂ ਪਹਿਲਾਂ ਅਸੀ ਅਕਾਲੀ ਦਲ ਨਾਲ ਗੱਠਜੋੜ ਵਿਚ ਚੋਣਾਂ ਲੜੀਆਂ ਸਨ ਪਰ ਇਸ ਵਾਰ ਵੱਖ ਹੋ ਕੇ ਚੋਣਾਂ ਲੜੀਆਂ ਜਿਸ ਕਰਕੇ ਪਾਰਟੀ ਨੂੰ ਇਹ ਨੁਕਸਾਨ ਹੋਇਆ ਹੈ”।

ਇਸ ਦੇ ਨਾਲ ਹੀ ਖੇਤੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਹੁਣ ਵੀ ਗੱਲ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਵਿਚ ਕਹਿ ਚੁੱਕੇ ਹਨ ਕਿ ਸਰਕਾਰ ਤਿੰਨਾਂ ਕਾਨੂੰਨਾਂ ਉੱਤੇ ਬਿੰਦੂਵਾਰ ਗੱਲ ਕਰਨਾ ਚਾਹੁੰਦੀ ਹੈ। ਤੋਮਰ ਮੁਤਾਬਕ ਅਸੀ ਲਗਾਤਾਰ ਅੰਦੋਲਨਕਾਰੀ ਕਿਸਾਨਾਂ ਦੇ ਸੰਪਰਕ ਵਿਚ ਹਨ। ਭਾਰਤ ਸਰਕਾਰ ਖੇਤੀ ਕਾਨੂੰਨਾਂ ਉੱਤੇ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹੈ। ਤੋਮਰ ਨੇ ਹਾਲਾਂਕਿ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਕਿ ਦੋਵਾਂ ਪੱਖਾਂ ਵਿਚਾਲੇ ਗੱਲਬਾਤ ਮੁੜ ਕਦੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਵਿਚ ਸਾਰੀਆਂ ਅੱਠ ਨਗਰ ਨਿਗਮਾਂ ਉੱਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ 108 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿਚੋਂ ਬਹੁ ਗਿਣਤੀ ਪ੍ਰਧਾਨ ਵੀ ਹਾਕਮ ਧਿਰ ਦੇ ਹੋਣਗੇ। ਚੋਣਾਂ ਵਿਚ ਕੇਵਲ ਭਾਜਪਾ ਹੀ ਨਹੀਂ ਬਲਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਹਾਰ ਦਾ ਮੂੰਹ ਵੇਖਣਾ ਪਿਆ ਹੈ।

news

Leave a Reply

Your email address will not be published. Required fields are marked *