ਸੀਐਮ ਕੇਜਰੀਵਾਲ ਨੇ ਕਿਸਾਨ ਲੀਡਰਾਂ ਨਾਲ ਕੀਤੀ ਮੁਲਾਕਾਤ, ਖੇਤੀ ਕਾਨੂੰਨਾਂ ਨੂੰ ਦੱਸਿਆ ਮੌਤ ਦੇ ਵਾਰੰਟ

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨੀਂ ਅੰਦੋਲਨ ਵਿਚਾਲੇ ਅੱਜ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਤਰ ਪ੍ਰਦੇਸ਼ ਦੇ ਕਿਸਾਨ ਲੀਡਰਾਂ ਨਾਲ ਦਿੱਲੀ ਵਿਧਾਨ ਸਭਾ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਬਣਾਏ ਗਏ ਤਿੰਨਾਂ ਖੇਤੀ ਕਾਨੂੰਨਾਂ ਅਤੇ ਕਿਸਾਨੀਂ ਨਾਲ ਜੁੜੇ ਹੋਰ ਮੁੱਦਿਆਂ ਉੱਤੇ ਚਰਚਾ ਕੀਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵਾਸਤੇ ਮੌਤ ਦੇ ਵਾਰੰਟ ਦੱਸਦੇ ਹੋਏ ਕਿਹਾ ਹੈ ਕਿ ਇਨ੍ਹਾਂ ਦੇ ਲਾਗੂ ਹੋਣ ਨਾਲ ਖੇਤੀ ਕਾਰਪੋਰੇਟ ਘਰਾਣਿਆਂ ਕੋਲ ਚੱਲੀ ਜਾਵੇਗੀ।

ਬੈਠਕ ਦੇ ਬਾਅਦ ਸੀਐਮ ਕੇਜਰੀਵਾਲ ਨੇ ਦੱਸਿਆ ਕਿ ”ਪੱਛਮੀ ਯੂਪੀ ਦੇ ਕਿਸਾਨਾਂ ਨਾਲ ਕੇਂਦਰ ਦੇ ਤਿੰਨਾਂ ਕਾਲੇ ਕਾਨੂੰਨਾਂ ਨੂੰ ਲੈਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਹ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਦੀ ਤਰ੍ਹਾਂ ਹਨ”। ਕੇਜਰੀਵਾਲ ਨੇ ਅੱਗੇ ਕਿਹਾ ਕਿ ਜੇਕਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਖੇਤੀ ਕੁੱਝ ਕਾਰਪੋਰੇਟਜ਼ ਦੇ ਹੱਥ ਵਿਚ ਹੋਵੇਗੀ। ਨਾਲ ਹੀ ਕਿਹਾ ਕਿ 28 ਫਰਵਰੀ ਨੂੰ ਮੇਰਠ ਵਿਚ ਇਕ ਵਿਸ਼ਾਲ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ ਜਿੱਥੇ ਇਨ੍ਹਾਂ ਕਾਨੂੰਨਾਂ ਉੱਤੇ ਚਰਚਾ ਕੀਤੀ ਜਾਵੇਗੀ ਅਤੇ ਭਾਰਤ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾਵੇਗੀ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਖਾਸ ਕਰਕੇ ਪੱਛਮੀ ਯੂਪੀ ਵਿਚ ਪਹਿਲਾਂ ਹੀ ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹਾਪੰਚਾਇਤਾਂ ਕਿਸਾਨ ਸੰਗਠਨਾਂ ਅਤੇ ਵਿਰੋਧੀ ਪਾਰਟੀਆਂ ਦੁਆਰਾ ਬੁਲਾਈਆਂ ਜਾ ਰਹੀਆਂ ਹਨ ਜਿਸ ਵਿਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਲਾਮਬੰਦ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ।

news

Leave a Reply

Your email address will not be published. Required fields are marked *