ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵਿਚਕਾਰ ਹੁਣ ਸੁਲ੍ਹਾ ਦੇ ਚਾਰੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵੀਸੀ ਡਾ.ਰਾਜ ਬਹਾਦੁਰ ਨਾਲ ਕੀਤੇ ਮਾੜੇ ਸਲੂਕ ਕਾਰਨ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਸੀ ਦਾ ਅਸਤੀਫ਼ਾ ਰੱਦ ਕਰ ਸਕਦੇ ਹਨ ਕਿਉਂਕਿ ਇਨ੍ਹਾਂ ਵਿਚਕਾਰ ਸਮਝੌਤਾ ਕਰਵਾਉਣ ਲਈ ਯਤਨ ਆਰੰਭ ਹੋ ਗਏ ਹਨ। ਪੰਜਾਬ ਮੈਡੀਕਲ ਕੌਂਸਲ ਦੇ ਮੁਖੀ ਡਾ. ਚਰਨਜੀਤ ਸਿੰਘ ਪਰੂਥੀ ਵੱਲੋਂ ਦੋਵਾਂ ਵਿਚਕਾਰ ਸੁਲਾਹ ਕਰਵਾਉਣ ਦਾ ਚਾਰਾ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਸਲੇ ਨੂੰ ਜਲਦੀ ਸੁਲਝਾਉਣਾ ਚਾਹੁੰਦੇ ਹਨ। ਹਾਲਾਂਕਿ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਇਸ ਸਬੰਧੀ ਕੋਈ ਹਾਮੀ ਨਹੀਂ ਭਰੀ ਹੈ। ਆਮ ਆਦਮੀ ਪਾਰਟੀ ਸਰਕਾਰ ਦੀ ਹੋ ਰਹੀ ਕਿਰਕਿਰੀ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਤੋਂ ਮਾਫੀ ਮੰਗ ਲਈ ਹੈ।
ਵੀਸੀ ਦੇ ਪੀਏ ਓਪੀ ਚੌਧਰੀ ਨੇ ਵੀ ਅਸਤੀਫ਼ਾ ਦੇ ਦਿੱਤਾ। ਇਸ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲੱਗ ਗਈ। ਅੰਮ੍ਰਿਤਸਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਕੇਡੀ ਸਿੰਘ ਨੇ ਅਸਤੀਫ਼ਾ ਦੇ ਦਿੱਤਾ। ਮੈਡੀਕਲ ਨਾਲ ਸਬੰਧਤ ਕਈ ਜਥੇਬੰਦੀਆਂ ਵੱਲੋਂ ਸਿਹਤ ਮੰਤਰੀ ਜੌੜੇਮਾਜਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।