Skip to content
ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈੱਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਸੈੱਸ ਲੱਗਣ ਨਾਲ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ 90 ਪੈਸੇ ਮਹਿੰਗਾ ਹੋ ਜਾਏਗਾ |
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰੇਤ ਦੇ ਰੇਟਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਸੈੱਸ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੁਣ ਪੰਜਾਬ ਵਿੱਚ ਜੋ ਰੇਟ ਪਹਿਲਾਂ 9.50 ਪ੍ਰਤੀ ਘਣ ਫੁੱਟ ਤੈਅ ਹੁੰਦੇ ਸਨ, ਨੂੰ ਘਟਾ ਕੇ 5.50 ਪ੍ਰਤੀ ਘਣ ਫੁੱਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਪੰਜਾਬ ਦਾ ਮਾਲੀਆ ਵਧਾਉਣ ਦੀ ਲੋੜ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪੈਟਰੋਲ-ਡੀਜ਼ਲ ‘ਤੇ ਸੈੱਸ ਲਗਾਇਆ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣ ਜਾ ਰਿਹਾ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਪੈਟਰੋਲ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਹ ਨੀਤੀ ਕਾਰੋਬਾਰੀ ਲੋਕਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ। ਮੰਤਰੀ ਮੰਡਲ ਨੇ ਹੋਰ ਫੈਸਲਿਆਂ ਸਮੇਤ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ
ਪੰਜਾਬ ਦੇ ਲੋਕਾਂ ਲਈ ਇਹ ਦੂਜਾ ਝਟਕਾ ਹੈ। ਸਵੇਰੇ ਪਹਿਲਾਂ ਅਮੂਲ ਅਤੇ ਫਿਰ ਵੇਰਕਾ ਨੇ ਫੁੱਲ ਕਰੀਮ ਵਾਲੇ ਦੁੱਧ ਦੀ ਕੀਮਤ 4 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਦੁਪਹਿਰ ਬਾਅਦ ਦੂਸਰਾ ਝਟਕਾ ਇਹ ਲੱਗਾ ਕਿ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਦੂਜੇ ਪਾਸੇ ਮਾਹਿਰਾਂ ਅਨੁਸਾਰ ਪੰਜਾਬ ਵਿੱਚ ਹਰ ਸਾਲ ਲਗਪਗ 54 ਲੱਖ ਕਿਲੋ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਖਪਤ ਹੁੰਦੀ ਹੈ। ਯਾਨੀ ਇਸ ਫੈਸਲੇ ਨਾਲ ਪੰਜਾਬ ਦੇ ਬਜਟ ਵਿੱਚ ਪ੍ਰਤੀ ਸਾਲ ਲਗਭਗ 470 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਜੁੜ ਜਾਵੇਗੀ।