ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਹੰਗਾਮੀ ਮਸਲਿਆਂ ’ਤੇ ਚਰਚਾ ਲਈ ਦੋ ਦਿਨ ਰੱਖੇ ਜਾਣ। ਇਸ ਦੇ ਨਾਲ ਹੀ ਪਾਰਟੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਸਬਜ਼ੀਆਂ ਤੇ ਫਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਤੁਰੰਤ ਕਰੇ।

ਵਿਧਾਇਕ ਦਲ ਜਿਸਨੇ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਸ ਸਬੰਧ ਵਿਚ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਮੰਗ ਪੱਤਰ ਸੌਂਪਿਆ, ਨੇ ਕਿਹਾ ਕਿ ਦੋ ਦਿਨਾਂ ਦੀ ਚਰਚਾ ਦੌਰਾਨ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਦੇ ਵਾਅਦੇ, ਕਿਸਾਨ ਆਤਮ ਹੱਤਿਆਵਾਂ ਤੇ ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣ ਵਿਚ ਅਸਫਲ ਰਹਿਣ ’ਤੇ ਚਰਚਾ ਕੀਤੀ ਜਾਵੇ ਤੇ ਇਨ੍ਹਾਂ ਹਾਲਾਤਾਂ ਵਿਚੋਂ ਨਿਕਲਣ ਦਾ ਰਾਹ ਵੀ ਤੈਅ ਕੀਤਾ ਜਾਵੇ। ਮੰਗ ਪੱਤਰ ਵਿਚ ਕਿਹਾ ਗਿਆ ਕਿ ਇਸ ਵਿਚੋਂ ਨਿਕਲਣ ਦਾ ਇਕ ਤਰੀਕਾ ਫੌਰੀ ਤੌਰ ’ਤੇ ਸਬਜ਼ੀਆਂ ਤੇ ਫਲਾਂ ਲਈ ਐਮ ਐਸ ਪੀ ਦਾ ਐਲਾਨ ਕਰਨਾ ਹੈ। ਅਜਿਹਾ ਕਰਨ ਨਾਲ ਸਬਜ਼ੀਆਂ ਤੇ ਆਲੂ ਉਤਪਾਦਕਾਂ ਦੇ ਨਾਲ ਕਿੰਨੂ ਉਤਪਾਦਕਾਂ ਤੇ ਹੋਰਨਾਂ ਨੁੰ ਲੋੜੀਂਦੀ ਸੁਰੱਖਿਆ ਮਿਲ ਜਾਵੇਗੀ।

ਅਕਾਲੀ ਦਲ ਦੇ ਵਿਧਾਇਕਾਂ ਨੇ ਸਪੀਕਰ ਨੂੰ ਦੱਸਿਆ ਕਿ ਸੂਬਾ ਖੇਤੀ ਸੰਕਟ ਵਿਚ ਫਸਿਆ ਹੋਇਆ ਹੈ ਤੇ ਇਸਦਾ ਵੱਡਾ ਕਾਰਨ ਤਤਕਾਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਵਰੀ 2017 ਵਿਚ ਤਲਵੰਡੀ ਸਾਬੋ ਵਿਖੇ ਪਵਿੱਤਰ ਗੁਟਕਾ ਸਾਹਿਬ ਤੇ ਦਸਮ ਪਿਤਾ ਦੇ ਨਾਂ ’ਤੇ ਸਹੁੰ ਚੁੱਕ ਕੇ ਕੀਤਾ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਪਾਰਟੀ ਪੰਜਾਬ ਵਿਚ ਸਰਕਾਰ ਬਣਾਉਂਦੀ ਹੈ ਤਾਂ ਫਿਰ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ ਭਾਵੇਂ ਉਹ ਸਰਕਾਰੀ ਜਾਂ ਪ੍ਰਾਈਵੇਟ ਬੈਂਕਾਂ ਦੇ ਹੋਣ, ਸਹਿਕਾਰੀ ਸਭਾਵਾਂ ਦੇ ਜਾਂ ਫਿਰ ਆੜ੍ਹੀਅਤੀਆਂ ਦੇ ਕਰਜ਼ੇ ਹੋਣ।

ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਪੂਰਨ ਵਿਚ ਫੇਲ੍ਹ ਹੋ ਗਈ ਜਿਸ ਕਾਰਨ 1500 ਕਿਸਾਨਾਂ ਨੇ ਆਤਮ ਹੱਤਿਆਵਾਂ ਕਰ ਲਈਆਂ ਤੇ ਕਰਜ਼ਿਆਂ ਵਿਚ ਹੋਰ ਡੁੱਬ ਗਏ। ਅਕਾਲੀ ਵਿਧਾਇਕਾਂ ਮੁਤਾਬਕ ਇਸੇ ਤਰੀਕੇ ਕਿਸਾਨ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲਿਆਂ ਦੀ ਮਦਦ ਵਿਚ ਨਾ ਨਿਤਰਣ ਕਾਰਨ ਵੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਮੀਟਿੰਗਾਂ ਵਿਚ ਭਾਗ ਲਿਆ ਜਿਹਨਾਂ ਵਿਚ ਤਿੰਨ ਖੇਤੀਬਾੜੀ ਆਰਡੀਨੈਂਸ ਤਿਆਰ ਕੀਤੇ ਗਏ ਤੇ ਬਾਅਦ ਵਿਚ ਵੀ ਇਹਨਾਂ ਨੂੰ ਕਾਨੂੰਨਾਂ ਦਾ ਰੂਪ ਦਿੱਤਾ ਗਿਆ। ਮੈਂਬਰਾਂ ਨੇ ਸਪੀਕਰ ਨੁੰ ਬੇਨਤੀ ਕੀਤੀ ਕਿ ਇਸ ਚਰਚਾ ਨੁੰ ਤਰਜੀਹ ਆਧਾਰ ’ਤੇ ਕਰਵਾਇਆ ਜਾਵੇ ਤੇ ਕਿਹਾ ਕਿ ਅਜਿਹਾ ਨਾ ਕਰਨਾ ਅੰਨਦਾਤਾ ਨਾਲ ਧੋਖਾ ਕਰਨ ਬਰਾਬਰ ਹੋਵੇਗਾ।

By news

Leave a Reply

Your email address will not be published. Required fields are marked *